ਫਿਰੋਜ਼ਪੁਰ , 21 ਦਸੰਬਰ (ਰਜਿੰਦਰ ਕੰਬੋਜ਼) ਫਿਰੋਜ਼ਪੁਰ ਜ਼ਿਲ੍ਹੇ ਅੰਦਰ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਅਤੇ ਐਸ.ਐਸ.ਪੀ. ਸੋਮਯਾ ਮਿਸ਼ਰਾ ਨੇ ਜ਼ਿਲ੍ਹੇ ਦੇ ਸੂਝਵਾਨ ਵੋਟਰਾਂ ਦਾ ਧੰਨਵਾਦ ਕੀਤਾ।ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਕਿਹਾ ਕਿ ਨਗਰ ਕੋਂਸਲ/ਪੰਚਾਇਤ ਦੀਆਂ ਚੋਣਾਂ ਵਿੱਚ ਵੋਟਰਾਂ ਨੇ ਆਪਣਾ ਪੂਰਾ ਉਤਸ਼ਾਹ ਦਿਖਾਇਆ ਅਤੇ ਸੁਚੱਜੇ ਢੰਗ ਨਾਲ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ।ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 07 ਵਜੇ ਤੋਂ ਸ਼ਾਮ 04 ਵਜੇ ਤੱਕ ਪੋਲ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਰੀਬ 69.49 ਫੀਸਦੀ ਪੋਲਿੰਗ ਹੋਈ। ਨਗਰ ਕੌਂਸਲ ਫਿਰੋਜ਼ਪੁਰ ਵਿੱਚ 53.41 ਅਤੇ ਨਗਰ ਕੌਂਸਲ ਗੁਰੂਹਰਸਹਾਏ ਵਿੱਚ 65.25 ਫੀਸਦੀ ਅਤੇ ਨਗਰ ਪੰਚਾਇਤ ਮਮਦੋਟ ਚ 86.28 ਅਤੇ ਨਗਰ ਪੰਚਾਇਤ ਮੱਲਾਂਵਾਲਾ ਚ 73.01 ਫੀਸਦੀ ਪੋਲਿੰਗ ਹੋਈ|
ਐਸ.ਐਸ.ਪੀ ਸੋਮਯਾ ਮਿਸ਼ਰਾ ਨੇ ਦੱਸਿਆ ਕਿ ਨਗਰ ਕੌਂਸਲ/ਪੰਚਾਇਤ ਦੀਆਂ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਚੋਣਾਂ ਦੌਰਾਨ ਮਾਹੌਲ ਖ਼ਰਾਬ ਨਾ ਕਰ ਸਕੇ ਅਤੇ ਵੋਟਰ ਬਿਨ੍ਹਾਂ ਕਿਸੇ ਡਰ ਅਤੇ ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।