ਫਿਰੋਜਪੁਰ, 11 ਨਵੰਬਰ (ਰਜਿੰਦਰ ਕੰਬੋਜ਼)-ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਨੇ ਵੱਖ-ਵੱਖ ਅਧਿਕਾਰੀਆਂ ਨਾਲ ਤਿਮਾਹੀ ਮੀਟਿੰਗ ਦੌਰਾਨ ਦੱਸਿਆ ਕਿ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ਦੇ ਨਾਲ—ਨਾਲ ਸਬ—ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿੱਚ ਮਿਤੀ 14 ਦਸੰਬਰ 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐਸ.ਐਸ.ਪੀ. ਸੌਮਿਆ ਮਿਸ਼ਰਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨਵਲ ਕੁਮਾਰ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਅਨੁਰਾਧਾ, ਸੀ.ਜੇ.ਐਮ. ਰਸ਼ਪਾਲ ਸਿੰਘ, ਜ਼ਿਲ੍ਹਾ ਅਟਾਰਨੀ ਫ਼ਿਰੋਜ਼ਪੁਰ ਦਲੀਪ ਕੁਮਾਰ ਹਾਜ਼ਰ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਜੱਜ ਸਾਹਿਬ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫ਼ਲਤਾ ਲਈ ਹਰ ਹਫਤੇ ਸ਼ੁੱਕਰਵਾਰ ਵਾਲੇ ਦਿਨ ਪ੍ਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਤਾਂ ਜੋ ਕੌਮੀ ਲੋਕ ਅਦਾਲਤ ਵਿੱਚ ਰੱਖੇ ਗਏ ਕੇਸ ਨੂੰ ਵੱਖ-ਵੱਖ ਤਾਰੀਕਾਂ ਤੇ ਸੁਣ ਕੇ ਨਿਪਟਾਰਾ ਕੀਤਾ ਜਾ ਸਕੇ। ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਇਸ ਲੋਕ ਅਦਾਲਤ ਵਿੱਚ ਸਿਵਲ ਕੇਸ, ਸਿਵਲ ਐਗੀਕਿਊਸ਼ਨ, ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਅਰਧ ਸਿਵਲ ਕੇਸ ਅਤੇ ਫੁਟਕਲ ਸਿਵਲ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪਰਿਵਾਰਕ ਝਗੜੇ, ਰੈਵਿਨਿਉ ਕੇਸ, ਚੈੱਕ ਬਾਊਂਸ, ਕਰਿਮਨਲ ਐਗਜਕਿਊਸ਼ਨ ਅਤੇ ਟ੍ਰੈਫਿਕ ਚਲਾਨ ਆਦਿ ਕੇਸਾਂ ਦੀ ਇਸ ਲੋਕ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕ ਲੋਨ ਕੇਸ, ਇਨਸ਼ਿਉਰੈਸ ਰਿਕਵਰੀ ਕੇਸਾਂ ਦੀ ਵੀ ਸੁਣਵਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਇਸਦੇ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ। ਆਮ ਜਨਤਾ ਨੂੰ ਅਪੀਲ ਕੀਤੀ ਕਿ ਆਪਣੇ ਕੇਸ ਇਸ ਕੌਮੀ ਲੋਕ ਅਦਾਲਤ ਵਿੱਚ ਲਗਵਾਓ ਅਤੇ ਆਪਣਾ ਸਮਾਂ ਅਤੇ ਧਨ ਬਚਾਓ ਇਸ ਦੇ ਨਾਲ ਹੀ ਜੱਜ ਸਾਹਿਬ ਨੇ ਕਿਹਾ ਕਿ ਝਗੜੇ ਮੁਕਾਓ ਪਿਆਰ ਵਧਾਓ ਲੋਕ ਅਦਾਲਤਾਂ ਰਾਹੀਂ ਛੇਤੀ ਅਤੇ ਸਸਤਾ ਨਿਆਂ ਪਾਓ।