ਗੁਰੂਹਰਸਹਾਏ, 14 ਨਵੰਬਰ(ਗੁਰਮੀਤ ਸਿੰਘ )। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪੰਜਾਬ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਹੋਰ ਕਮੇਟੀ ਮੈਂਬਰਾਂ ਵਲੋਂ ਸਤਨਾਮ ਚੰਦ ਸੰਧਾ ਬਲਾਕ ਖਜਾਨਚੀ ਪਿੰਡ ਹਾਜੀ ਬੇਟੂ ਦੇ ਗ੍ਰਹਿ ਨਿਵਾਸ ’ਤੇ ਮੀਟਿੰਗ ਕੀਤੀ ਗਈ, ਜਿਸ ਵਿਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਕਿਹਾ ਗਿਆ। ਮੀਟਿੰਗ ਦੌਰਾਨ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸਰਕਾਰ ਜਾਂ ਤਾਂ ਪਰਾਲੀ ਦਾ ਕੋਈ ਠੋਸ ਹੱਲ ਕੱਢੇ, ਨਹੀਂ ਤਾਂ ਕਿਸਾਨ ਪਰਾਲੀ ਨੂੰ ਅੱਗ ਲਗਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ’ਤੇ ਮੁਕੱਦਮੇ ਦਰਜ ਕੀਤੇ ਗਏ ਤਾਂ ਕਿਸਾਨ ਜਥੇਬੰਦੀਆਂ ਇਸ ਦਾ ਡਟ ਕੇ ਵਿਰੋਧ ਕਰਨਗੀਆਂ। ਸੂਬਾ ਪ੍ਰਧਾਨ ਧਨੇਰ ਨੇ ਕਿਹਾ ਕਿ ਦਾਣਾ ਮੰਡੀਆਂ ਵਿਚ 17 ਫ਼ੀਸਦੀ ਮੋਸਚਰ ਵਾਲਾ ਝੋਨਾ ਖਰੀਦਿਆ ਜਾ ਰਿਹਾ ਹੈ, ਜਦਕਿ ਝੋਨੇ ਦਾ ਮੋਸਚਰ 20 ਫ਼ੀਸਦੀ ਕੀਤਾ ਜਾਵੇ ਤਾਂ ਜੋ ਝੋਨੇ ਦੀ ਖ਼ਰੀਦ ਦਾ ਕੰਮ ਜਲਦ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਜੇਕਰ ਮੰਡੀਆਂ ’ਚ ਰੁਲ ਰਹੇ ਕਿਸਾਨਾਂ ਦੀ ਸਾਰ ਨਹੀਂ ਲੈਂਦੀ ਤਾਂ ਯੂਨੀਅਨ ਕਿਸਾਨਾਂ ਦੇ ਹੱਕ ਵਿਚ ਖੜ ਕੇ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਹਰਨੇਕ ਸਿੰਘ ਮਹਿਮਾ ਜਨਰਲ ਸਕੱਤਰ, ਕੁਲਵੰਤ ਸਿੰਘ ਸੂਬਾ ਕਮੇਟੀ ਮੈਂਬਰ, ਮਨਜੀਤ ਸਿੰਘ ਗੋਰਾ ਆਦਿ ਹਾਜ਼ਰ ਸਨ।