ਪੁਲਿਸ ਦੀਆਂ ਧੱਕੇਸ਼ਾਹੀਆਂ ਖਿਲਾਫ਼ ਇੱਕਜੁੱਟ ਹੋਏ ਪੱਤਰਕਾਰ , ਸੰਘਰਸ਼ ਵਿੱਢਣ ਦੀ ਦਿੱਤੀ ਚਿਤਾਵਨੀ

ਫਿਰੋਜ਼ਪੁਰ, 4 ਦਸੰਬਰ (ਰਜਿੰਦਰ ਕੰਬੋਜ਼)। ਜ਼ਿਲ੍ਹਾ ਫਿਰੋਜ਼ਪੁਰ ਦੇ ਪੱਤਰਕਾਰ ਭਾਈਚਾਰੇ ਨੂੰ ਫੀਲਡ ਵਿੱਚ ਦਰਪੇਸ਼ ਸਮੱਸਿਆਵਾਂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਕੀਤੀ ਜਾ ਰਹੀ ਬੇਲੋੜੀ ਦੇਰੀ ਤੋਂ ਅੱਕੇ ਜ਼ਿਲ੍ਹੇ ਭਰ ਦੇ ਪੱਤਰਕਾਰਾਂ ਦੀ ਇੱਕ ਹੰਗਾਮੀ ਮੀਟਿੰਗ ਅੱਜ ਸਤਲੁਜ ਪ੍ਰੈਸ ਕਲੱਬ ਫਿਰੋਜ਼ਪੁਰ ਵਿਖੇ ਕਲੱਬ ਪ੍ਰਧਾਨ ਗੁਰਨਾਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਫਿਰੋਜ਼ਪੁਰ ਦੇ ਸਥਾਨਕ ਪੱਤਰਕਾਰਾਂ ਤੋਂ ਇਲਾਵਾ ਮਮਦੋਟ, ਗੁਰਹਰਸਹਾਏ, ਜ਼ੀਰਾ, ਤਲਵੰਡੀ ਭਾਈ, ਮੱਖੂ, ਮੱਲਾਂਵਾਲਾ, ਮੁੱਦਕੀ, ਦਿਹਾਤੀ ਆਦਿ ਕਸਬਿਆਂ ਦੀਆਂ ਪ੍ਰੈੱਸ ਕਲੱਬਾਂ ਦੇ ਪ੍ਰਧਾਨਾਂ ਅਤੇ ਨੁੰਮਾਇੰਦਿਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਫਿਰੋਜ਼ਪੁਰ ਪ੍ਰਸ਼ਾਸਨ ਖਾਸ ਕਰ ਪੁਲਿਸ ਪ੍ਰਸ਼ਾਸਨ ਵੱਲੋਂ ਫਿਰੋਜ਼ਪੁਰ ਵਿੱਚ ਵਧੀਆਂ ਲੁੱਟਾਂ ਖੋਹਾਂ, ਨਸ਼ਿਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਇਨਸਾਫ਼ ਲੈਣ ਲਈ ਪੁਲਿਸ ਦਰਬਾਰ ਪਹੁੰਚੇ ਪੀੜਤਾਂ ਨੂੰ ਇਨਸਾਫ਼ ਦੇਣ ਤੋਂ ਟਾਲਾ ਵੱਟਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪੱਤਰਕਾਰ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਆਪਣੀ ਕਾਰਜਸ਼ੈਲੀ ਵਿੱਚ ਸੁਧਾਰ ਲਿਆਉਣਾ ਅਤੇ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ ਨਾ ਕਿ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਣ ਵਾਲੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਇਆ ਜਾਵੇ ਜਿਹੜਾ ਕਿ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਤੋਂ ਕੀਤਾ ਜਾ ਰਿਹਾ ਹੈ। ਅੱਜ ਦੀ ਮੀਟਿੰਗ ਵਿੱਚ ਜ਼ਿਲ੍ਹਾ ਹੈਡਕੁਆਰਟਰ ਤੋਂ ਇਲਾਵਾ ਵੱਖ-ਵੱਖ ਕਸਬਿਆਂ ਵਿੱਚ ਕਾਰਜਸ਼ੀਲ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨਿਕ ਪੱਧਰ ‘ਤੇ ਉਠਾਉਣ ਲਈ ਸਮੂਹ ਪ੍ਰੈਸ ਕਲੱਬਾਂ ਦੀ ਇੱਕ ਸਾਂਝੀ ਤਾਲਮੇਲ ਕਮੇਟੀ ਗਠਨ ਕਰਨ ਦਾ ਫੈਸਲਾ ਲਿਆ ਗਿਆ ਜਿਸ ਵਿੱਚ ਸਮੂਹ ਪ੍ਰੈਸ ਕਲੱਬਾਂ ਦੇ ਨੁੰਮਾਇਦੇ ਸ਼ਾਮਲ ਹੋਣਗੇ। ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਪੱਤਰਕਾਰ ਭਾਈਚਾਰੇ ਨਾਲ ਸਬੰਧਤ ਪਿਛਲੇ ਲੰਬੇ ਸਮੇਂ ਤੋਂ ਪੈਂਡਿੰਗ ਪਈਆਂ ਮੰਗਾਂ ਦੇ ਹੱਲ ਲਈ 9 ਦਸੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ 10 ਦਸੰਬਰ ਤੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਅਣਮਿੱਥੇ ਸਮੇਂ ਲਈ ਸੰਘਰਸ਼ ਵਿੱਢਿਆ ਜਾਵੇਗਾ ਅਤੇ ਐੱਸ ਐੱਸ ਪੀ ਦਫ਼ਤਰ ਦਾ ਘੇਰਾਓ ਕਰਨ ਦੇ ਨਾਲ ਨਾਲ ਸੜਕੀ ਆਵਾਜਾਈ ਠੱਪ ਕੀਤੀ ਜਾਵੇਗੀ, ਜਿਸ ਦੀ ਨਿਰੋਲ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।

Share it...

Leave a Reply

Your email address will not be published. Required fields are marked *